Sukhbir Singh Badal ਨੇ ਕਾਦੀਆਂ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਆਗਾਜ਼ ਕਰਦਿਆਂ ‘ਆਮ ਆਦਮੀ ਪਾਰਟੀ’ ’ਤੇ ਤਿੱਖੇ ਹਮਲੇ ਕੀਤੇ ਅਤੇ ਅਕਾਲੀ ਸਰਕਾਰ ਬਣਨ ’ਤੇ ਲੋਕਾਂ ਲਈ ਵੱਡੀਆਂ ਸਹੂਲਤਾਂ ਦੇ ਐਲਾਨ ਕੀਤੇ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ Bhagwant Mann ਦੀ ਸਰਕਾਰ ਸੂਬੇ ਦੀ ਸਭ ਤੋਂ ਨਾਕਾਬਲ ਸਰਕਾਰ ਸਾਬਤ ਹੋਈ ਹੈ ਅਤੇ ਪਹਿਲੀ ਵਾਰ ਕੋਈ ਮੁੱਖ ਮੰਤਰੀ ਸੂਬੇ ਪ੍ਰਤੀ ਇੰਨਾ ਆਲਸੀ ਨਜ਼ਰ ਆਇਆ ਹੈ।
ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਵੱਡੀ ਗਿਣਤੀ ’ਚ ਇਕੱਠੇ ਹੋਏ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਵਾਅਦਾ ਕੀਤਾ ਕਿ ਅਕਾਲੀ ਸਰਕਾਰ ਬਣਨ ਦੇ ਇੱਕ ਹਫ਼ਤੇ ਅੰਦਰ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼ਗਨ ਸਕੀਮ ਦੀ ਰਕਮ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 50 ਸਾਲਾਂ ਤੋਂ ਜ਼ਮੀਨ ’ਤੇ ਕਾਬਜ਼ ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ ਤਾਂ ਜੋ ਉਹਨਾਂ ਨੂੰ ਕਾਨੂੰਨੀ ਸੁਰੱਖਿਆ ਮਿਲ ਸਕੇ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਵਧਾ ਕੇ 3,100 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਵਾਅਦਾ ਕੀਤਾ ਗਿਆ।
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਨ੍ਹਾਂ ਘੋਸ਼ਣਾ ਕੀਤੀ ਕਿ ਵਿਸ਼ਵ ਕਬੱਡੀ ਕੱਪ ਪੰਜਾਬ ਵਿੱਚ ਮੁੜ ਕਰਵਾਇਆ ਜਾਵੇਗਾ, ਤਾਂ ਜੋ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੰਚ ਮਿਲ ਸਕੇ। ਬਾਦਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।