ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਪੈਸ਼ਲ ਸੈੱਲ ਨੇ Lawrence Bishnoi ਗੈਂਗ ਦੇ ਮੋਸਟ ਵਾਂਟੇਡ ਅਪਰਾਧੀ ਬੌਬੀ ਕਬੂਤਰ ਨੂੰ ਹਰਿਆਣਾ ਦੇ Gurugram ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਬੌਬੀ ਕਬੂਤਰ ਪੰਜਾਬੀ ਗਾਇਕ Sidhu Moosewala ਦੇ ਕਤਲ ਕੇਸ ਵਿੱਚ ਅਹਿਮ ਭੂਮਿਕਾ ਨਿਭਾ ਚੁੱਕਾ ਹੈ।
ਦਿੱਲੀ ਪੁਲਿਸ ਦੀ ਜਾਂਚ ਅਨੁਸਾਰ ਬੌਬੀ ਕਬੂਤਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਉਸਦੀ ਰੇਕੀ ਕੀਤੀ ਸੀ ਅਤੇ ਉਹ ਕਤਲ ਲਈ ਆਏ ਸ਼ੂਟਰ ਸ਼ਾਹਰੁਖ ਦੇ ਸਿੱਧੇ ਸੰਪਰਕ ਵਿੱਚ ਸੀ। ਹਾਲਾਂਕਿ, ਸ਼ਾਹਰੁਖ ਨੇ ਬਾਅਦ ਵਿੱਚ ਮੂਸੇਵਾਲਾ ਦੇ ਏਕੇ-47 ਨਾਲ ਲੈਸ ਗੰਨਮੈਨ ਨੂੰ ਦੇਖ ਕੇ ਕਤਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਹੋਰ ਸ਼ੂਟਰਾਂ ਦੀ ਮਦਦ ਨਾਲ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਸੂਤਰਾਂ ਮੁਤਾਬਕ ਬੌਬੀ ਕਬੂਤਰ ’ਤੇ ਦੋਸ਼ ਹੈ ਕਿ ਉਸਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਠੀ ਕੀਤੀ ਅਤੇ ਸ਼ੂਟਰਾਂ ਨੂੰ ਲਾਜਿਸਟਿਕ ਸਹਾਇਤਾ ਦਿੱਤੀ। ਮੂਸੇਵਾਲਾ ਦੇ ਕਤਲ ਤੋਂ ਲਗਭਗ ਚਾਰ ਸਾਲ ਬਾਅਦ ਉਸਦੀ ਗ੍ਰਿਫ਼ਤਾਰੀ ਨੂੰ ਪੁਲਿਸ ਵੱਡੀ ਸਫਲਤਾ ਮੰਨ ਰਹੀ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਨੁਸਾਰ ਬੌਬੀ ਕਬੂਤਰ ਖ਼ਿਲਾਫ ਕਈ ਕਤਲ ਸਮੇਤ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਉਹ ਦਿੱਲੀ ਦੇ ਸੀਲਮਪੁਰ ਖੇਤਰ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਰੀਬ 7 ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਅਤੇ ਭਰੋਸੇਮੰਦ ਮੈਂਬਰ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਕਈ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਦਿੱਲੀ ਪੁਲਿਸ ਦੀ ਇਹ ਗ੍ਰਿਫ਼ਤਾਰੀ ਜਾਂਚ ਨੂੰ ਨਵੀਂ ਦਿਸ਼ਾ ਦੇਣ ਵਾਲੀ ਮੰਨੀ ਜਾ ਰਹੀ ਹੈ।