Samana ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ Punjab Police ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਜਾਣਕਾਰੀ ਮੁਤਾਬਿਕ ਕਿਸਾਨ ਧਰਮ ਯੁੱਧ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਗਈ ਸੀ। ਇਸ ਦੌਰਾਨ ਦੋਵਾਂ ਪੱਖਾਂ ਵਿੱਚ ਤਣਾਅ ਬਣ ਗਿਆ ਅਤੇ ਪੁਲਿਸ ਨੇ ਕਾਰਵਾਈ ਕਰਦਿਆਂ ਕੁਝ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਸਮੇਤ ਥਾਣੇ ਲਿਜਾਇਆ।
ਇਸ ਘਟਨਾ ਮਗਰੋਂ ਸਮਾਣਾ ਦੇ Banda Singh Bahadur Chowk ਵਿੱਚ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਚੌਂਕ ‘ਚ ਧਰਨਾ ਲੱਗਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ, ਹਿਸਾਰ, ਕੈਥਲ, ਸੰਗਰੂਰ ਅਤੇ ਪਟਿਆਲਾ ਵੱਲ ਜਾਣ ਵਾਲੇ ਰਸਤੇ ਵੀ ਬੰਦ ਹੋ ਗਏ ਹਨ। ਸਵੇਰੇ ਤੋਂ ਹੀ ਪ੍ਰਸ਼ਾਸਨ ਵੱਲੋਂ ਟਿੱਪਰ ਲਾ ਕੇ ਰਸਤੇ ਬੰਦ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਇਕੱਠੀਆਂ ਹੋ ਗਈਆਂ।
ਸੂਤਰਾਂ ਅਨੁਸਾਰ, ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੁਰਜੀਤ ਸਿੰਘ ਖਾਲਸਾ ਵੱਲੋਂ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਤਹਿਸੀਲ ਪਾਰਕ ਵਿੱਚ ਇਕੱਠ ਹੋਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਝੜਪ ਵੀ ਹੋਈ। ਬਾਅਦ ਵਿੱਚ ਆਗੂ ਨਾਕਾ ਤੋੜ ਕੇ ਬੰਦਾ ਸਿੰਘ ਬਹਾਦਰ ਚੌਂਕ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ।
ਮੌਕੇ ‘ਤੇ ਪੁਲਿਸ ਦੇ ਭਾਰੀ ਜਵਾਨ ਤੈਨਾਤ ਹਨ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਆਵਾਜਾਈ ਬੰਦ ਹੋਣ ਨਾਲ ਆਮ ਲੋਕਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਭ ਦੀ ਨਜ਼ਰ ਸਰਕਾਰ ਅਤੇ ਪ੍ਰਸ਼ਾਸਨ ‘ਤੇ ਹੈ ਕਿ ਇਸ ਮਸਲੇ ਦਾ ਹੱਲ ਕਿਵੇਂ ਕੱਢਿਆ ਜਾਂਦਾ ਹੈ।