ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸਵਾਗਤ
ਚੰਡੀਗੜ੍ਹ/ਨਿਊਯਾਰਕ: ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।
ਜਾਰੀ ਪ੍ਰੈਸ ਨੋਟ ਵਿੱਚ ਐਸਸੀਸੀਈਸੀ ਦੇ ਕੋਆਰਡੀਨੇਟਰ ਹਿੰਮਤ ਸਿੰਘ, ਮੀਡੀਆ ਬੁਲਾਰੇ ਹਰਜਿੰਦਰ ਸਿੰਘ ਅਤੇ ਏਜੀਪੀਸੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਲੰਮੀ ਹਿਰਾਸਤ ਤੋਂ ਬਾਅਦ ਰਿਹਾਈ ਜੌਹਲ ਅਤੇ ਉਨ੍ਹਾਂ ਦੇ ਪਰਿਵਾਰ ਲਈ ਵੱਡੀ ਰਾਹਤ ਹੈ। ਉਨ੍ਹਾਂ ਪਰਿਵਾਰ ਦੇ ਸਬਰ ਅਤੇ ਕਾਨੂੰਨੀ ਲੜਾਈ ਦੀ ਸ਼ਲਾਘਾ ਕੀਤੀ।
ਜਥੇਬੰਦੀਆਂ ਨੇ ਜੌਹਲ ਦੀ ਕਾਨੂੰਨੀ ਟੀਮ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਉਨ੍ਹਾਂ ਦੀ ਰਿਹਾਈ ਲਈ ਆਵਾਜ਼ ਉਠਾਉਣ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਮਾਨਤ ’ਤੇ ਰਿਹਾਈ ਅਤੇ ਕੇਸਾਂ ਦਾ ਅੰਤਿਮ ਨਿਪਟਾਰਾ ਵੱਖਰੀਆਂ ਗੱਲਾਂ ਹਨ।
ਆਗੂਆਂ ਨੇ ਬਾਕੀ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਅਤੇ ਜੌਹਲ ਨੂੰ ਸਕਾਟਲੈਂਡ ਵਿੱਚ ਆਪਣੇ ਪਰਿਵਾਰ ਕੋਲ ਜਾਣ ਦੀ ਆਗਿਆ ਦੇਣ ਦੀ ਮੰਗ ਕੀਤੀ। ਉਨ੍ਹਾਂ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰੱਖਣ ਦਾ ਵੀ ਐਲਾਨ ਕੀਤਾ ਅਤੇ ਨਿਆਂ ਪ੍ਰਕਿਰਿਆ ਵਿੱਚ ਬਰਾਬਰੀ ਦੀ ਲੋੜ ’ਤੇ ਜ਼ੋਰ ਦਿੱਤਾ।