ਪਰਾਲੀ ਸਾੜਨ ਤੋਂ ਰੋਕਣ ਲਈ ਰਾਏਕੋਟ ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਰਾਏਕੋਟ (ਗੁਰਭਿੰਦਰ ਗੁਰੀ) — ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅੱਜ ਦਫ਼ਤਰ ਉਪ ਮੰਡਲ ਮੈਜਿਸਟਰੇਟ ਰਾਏਕੋਟ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਉਪ ਮੰਡਲ ਮੈਜਿਸਟਰੇਟ ਰਾਏਕੋਟ ਖੁਸ਼ਪ੍ਰੀਤ ਸਿੰਘ ਪੀ.ਸੀ.ਐੱਸ. ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਦੌਰਾਨ ਖੇਤਾਂ ਵਿੱਚ ਬਚੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਅਤੇ ਯਤਨ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਸਬੰਧੀ ਉਪਲਬਧ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨ ਰਾਏਕੋਟ ਵਿੱਚ ਪਰਾਲੀ ਦੇ ਨਿਪਟਾਰੇ ਲਈ ਤਿੰਨ ਪਰਾਲੀ ਪਲਾਂਟ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਾ ਪਵੇ। ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਰਾਏਕੋਟ ਸਬ-ਡਿਵੀਜ਼ਨ ਦੇ ਪਿੰਡਾਂ ਵਿੱਚ ਨਿਰੰਤਰ ਗਸ਼ਤ ਰੱਖੀ ਜਾਵੇ ਅਤੇ ਚੌਕਸੀ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਵੱਧ ਤੋਂ ਵੱਧ ਰੋਕਣ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਰਾਏਕੋਟ ਸ੍ਰੀ ਪਰਮਿੰਦਰ ਸਿੰਘ, ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਰਿਦਮ ਕਟਾਰੀਆ, ਖੇਤੀਬਾੜੀ ਅਫ਼ਸਰ ਪੱਖੋਵਾਲ ਸ੍ਰੀਮਤੀ ਗਗਨਦੀਪ ਕੌਰ, ਸਬ-ਇੰਸਪੈਕਟਰ ਰਾਏਕੋਟ ਸ੍ਰੀ ਸੁਰਜੀਤ ਸਿੰਘ ਅਤੇ ਸਬ-ਇੰਸਪੈਕਟਰ ਸੁਧਾਰ ਸ੍ਰੀ ਕੁਲਵਿੰਦਰ ਸਿੰਘ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।