ਬਿਲਾਸਪੁਰ (ਗੁਰਭਿੰਦਰ ਗੁਰੀ) — ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਵਿੱਦਿਆ ਕੌਰ ਜੀ, ਧਰਮ ਪਤਨੀ ਉੱਘੇ ਸਮਾਜ ਸੇਵਕ ਸੂਬੇਦਾਰ ਮੇਜਰ ਤੇਜਾ ਸਿੰਘ ਬਿਲਾਸਪੁਰ, ਕੁਝ ਦਿਨ ਪਹਿਲਾਂ ਅਚਾਨਕ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮਾਤਾ ਵਿੱਦਿਆ ਕੌਰ ਜੀ ਦੇ ਵਿਛੋੜੇ ’ਤੇ ਉਨ੍ਹਾਂ ਦੇ ਸਪੁੱਤਰ ਹਰਪ੍ਰੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਧਾਰਮਿਕ ਆਗੂਆਂ, ਪੰਚਾਇਤਾਂ, ਪ੍ਰੈੱਸ ਕਲੱਬਾਂ, ਨੌਜਵਾਨ ਕਲੱਬਾਂ ਅਤੇ ਕਿਸਾਨ ਜਥੇਬੰਦੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਨ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਮਾਤਾ ਵਿੱਦਿਆ ਕੌਰ ਜੀ ਦੀ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ 11 ਅਕਤੂਬਰ, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪਿੰਡ ਬਿਲਾਸਪੁਰ (ਮੋਗਾ) ਦੀ ਦਾਣਾ ਮੰਡੀ ਵਿਖੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਮੁੱਖ ਬੁਲਾਰੇ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਬੁਲਾਰੇ ਮਾਤਾ ਵਿੱਦਿਆ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਪਰਿਵਾਰ ਵੱਲੋਂ ਸਮੂਹ ਸਾਕ-ਸਬੰਧੀਆਂ, ਸਨੇਹੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।