ਅੰਮ੍ਰਿਤਸਰ ਵਿੱਚ ਸਟੇਟ ਤੇ ਨੈਸ਼ਨਲ ਐਵਾਰਡ ਸਮਾਗਮ ਦੀਆਂ ਤਿਆਰੀਆਂ
ਅੰਮ੍ਰਿਤਸਰ ਵਿੱਚ ਸਟੇਟ ਤੇ ਨੈਸ਼ਨਲ ਐਵਾਰਡ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ
ਵਿਰਸਾ ਵਿਹਾਰ ਵਿਖੇ ਹੋਈ ਅਹਿਮ ਮੀਟਿੰਗ, ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਅੰਮ੍ਰਿਤਸਰ (ਗੁਰਭਿੰਦਰ ਗੁਰੀ) — ਇੰਡਿਕ ਆਰਟ ਵੈਲਫੇਅਰ ਕੌਂਸਲ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾਣ ਵਾਲੇ ਸਟੇਟ ਅਤੇ ਨੈਸ਼ਨਲ ਐਵਾਰਡ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਰਸਾ ਵਿਹਾਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕੌਂਸਲ ਦੇ ਚੇਅਰਮੈਨ ਪ੍ਰੋਫੈਸਰ ਭੋਲਾ ਯਮਲਾ ਨੇ ਕੀਤੀ, ਜਦਕਿ ਸਰਦਾਰ ਗੁਰਦੇਵ ਸਿੰਘ ਮਹਿਲਾਂਵਾਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਟੀਮ ਵੱਲੋਂ ਪ੍ਰੋਫੈਸਰ ਭੋਲਾ ਯਮਲਾ ਦਾ ਅੰਮ੍ਰਿਤਸਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸਰਦਾਰ ਗੁਰਦੇਵ ਸਿੰਘ ਮਹਿਲਾਂਵਾਲਾ, ਜ਼ਿਲ੍ਹਾ ਪ੍ਰਧਾਨ ਡਾ. ਰਾਜਬੀਰ ਕੌਰ ‘ਬੀਰ’ ਗਰੇਵਾਲ ਅਤੇ ਸਮੁੱਚੀ ਟੀਮ ਨੇ ਉਨ੍ਹਾਂ ਨੂੰ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਡਾ.
ਰਾਜਬੀਰ ਕੌਰ ‘ਬੀਰ’ ਗਰੇਵਾਲ, ਮੁੱਖ ਸਲਾਹਕਾਰ ਰੁਪਿੰਦਰ ਕੌਰ ਮਾਹਲ ਅਤੇ ਪ੍ਰਾਇਮਰੀ ਹੈੱਡ ਟੀਚਰ ਮੈਡਮ ਜਤਿੰਦਰ ਕੌਰ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਆਗਾਮੀ ਸਮਾਗਮ ਦੀ ਰੂਪ-ਰੇਖਾ ਤਿਆਰ ਕਰਨ, ਪ੍ਰਬੰਧਕੀ ਜ਼ਿੰਮੇਵਾਰੀਆਂ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੌਂਸਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਜਲਦ ਹੀ ਸਟੇਟ ਅਤੇ ਨੈਸ਼ਨਲ ਐਵਾਰਡ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਸਤਬੀਰ ਸਿੰਘ ਚੰਡੀਗੜ੍ਹ ਵਿਖੇ ਜ਼ਰੂਰੀ ਰੁਝੇਵਿਆਂ ਕਾਰਨ ਮੀਟਿੰਗ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਨਹੀਂ ਹੋ ਸਕੇ। ਕੌਂਸਲ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਯੋਗਦਾਨ ਨਾਲ ਵਿਸ਼ੇਸ਼ ਪਛਾਣ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਕੰਮਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਹੈ।