ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ | Updated on Sunday, October 18, 2026 02:33 AM IST
ਤਸਵੀਰ: ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਅਤੇ ਪੂਰੀ ਤਰ੍ਹਾਂ ਪੱਕਿਆ ਝੋਨਾ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,11,788 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 1,11,262 ਮੀਟ੍ਰਿਕ ਟਨ ਦੀ ਖ਼ਰੀਦ ਅਤੇ 61,018 ਮੀਟ੍ਰਿਕ ਟਨ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਮੌਜੂਦਾ ਸੀਜ਼ਨ ਵਿੱਚ ਕੁੱਲ ਅਨੁਮਾਨਿਤ ਆਮਦ 2,06,148 ਮੀਟ੍ਰਿਕ ਟਨ ਰਹਿਣ ਦੀ ਉਮੀਦ ਜਤਾਈ ਗਈ ਹੈ।
ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰੱਖਣ, ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਦੇਣ ਅਤੇ ਸਮੇਂ ਸਿਰ ਖ਼ਰੀਦ ਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪਰਾਲੀ ਸਾੜਨ ਨਾਲ ਹਵਾ ਅਤੇ ਮਿੱਟੀ ਉੱਤੇ ਪੈਣ ਵਾਲੇ ਮਾੜੇ ਅਸਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਅਤੇ ਵਿਗਿਆਨਕ ਤਰੀਕੇ ਵਰਤਣ ਦੀ ਅਪੀਲ ਕੀਤੀ।