ਚੰਡੀਗੜ੍ਹ, 18 ਅਕਤੂਬਰ (ਮੰਗਤ ਸਿੰਘ ਸੈਦਪੁਰ): ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੀ ਲੀਡਰਸ਼ਿਪ ਨੇ ਬਾਦਲ ਧੜੇ ਨਾਲ ਸਮਝੌਤੇ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਖਾਰਜ ਕੀਤਾ ਹੈ। ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਗੁਰਪ੍ਰਤਾਪ ਸਿੰਘ ਵਡਾਲਾ ਦੇ ਪੁਰਾਣੇ ਬਿਆਨ ਨੂੰ ਮੌਜੂਦਾ ਸਮਝੌਤੇ ਦਾ ਆਧਾਰ ਬਣਾਉਣਾ ਗ਼ਲਤ ਹੈ।
ਪੀਰ ਮੁਹੰਮਦ ਨੇ ਕਿਹਾ ਕਿ ਅਕਾਲੀ ਏਕਤਾ ਸਿਧਾਂਤਾਂ ਉੱਤੇ ਆਧਾਰਿਤ ਹੋਣੀ ਚਾਹੀਦੀ ਹੈ ਅਤੇ 2 ਦਸੰਬਰ ਦੇ ਹੁਕਮਨਾਮੇ ਨੂੰ ਨਜ਼ਰਅੰਦਾਜ਼ ਕਰਕੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਨੇ ਸਮਝੌਤੇ ਬਾਰੇ ਚੱਲ ਰਹੀਆਂ ਰਿਪੋਰਟਾਂ ਨੂੰ ਪਾਰਟੀ ਵੱਲੋਂ ਨਕਾਰਿਆ।
ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਅਨੁਸਾਰ, ਪੰਥਕ ਏਕਤਾ ਵਿੱਚ ਪ੍ਰਧਾਨਗੀ ਰੁਕਾਵਟ ਨਹੀਂ ਬਣਨੀ ਚਾਹੀਦੀ ਅਤੇ ਆਗੂਆਂ ਨੂੰ ਪੰਥ ਤੇ ਪੰਜਾਬ ਦੇ ਹਿੱਤਾਂ ਲਈ ਇਕੱਠੇ ਹੋਣਾ ਚਾਹੀਦਾ ਹੈ।
ਸੋਢੀ ਨੇ ਨਸ਼ਿਆਂ, ਬੇਰੁਜ਼ਗਾਰੀ, ਕਰਜ਼ੇ ਅਤੇ ਕਾਨੂੰਨ ਵਿਵਸਥਾ ਬਾਰੇ ਚਿੰਤਾ ਪ੍ਰਗਟਾਉਂਦਿਆਂ ਆਗੂਆਂ ਨੂੰ ਇਨ੍ਹਾਂ ਮੁੱਦਿਆਂ ਉੱਤੇ ਸਾਂਝੀ ਆਵਾਜ਼ ਬਣਨ ਦੀ ਅਪੀਲ ਕੀਤੀ।