ਪਾਰਟੀ ਦੀ ਮੀਟਿੰਗ ਦੀ ਭੇਜੀ ਗਈ ਤਸਵੀਰ।
ਜਲੰਧਰ (ਗੁਰਭਿੰਦਰ ਗੁਰੀ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਦੁਆਬਾ ਜ਼ੋਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਜ਼ੋਨ ਇੰਚਾਰਜਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਸਾਹਿਬ ਸਿੰਘ, ਪਿੰਡ ਜੰਡੂ ਸਿੰਘਾ, ਜ਼ਿਲ੍ਹਾ ਜਲੰਧਰ ਵਿਖੇ ਕਰਵਾਈ ਗਈ। ਪਾਰਟੀ ਵੱਲੋਂ ਦੁਆਬਾ ਖੇਤਰ ਨੂੰ 20 ਜ਼ੋਨਾਂ ਵਿੱਚ ਵੰਡ ਕੇ ਜ਼ੋਨ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਮੀਟਿੰਗ ਵਿੱਚ ਲਗਭਗ 200 ਜ਼ੋਨ ਇੰਚਾਰਜਾਂ ਅਤੇ ਪਾਰਟੀ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਚੋਣ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਕਈ ਅਹਿਮ ਫ਼ੈਸਲੇ ਲਏ।
ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਇਮਾਨ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਕੰਮ ਦੀ ਸਮੀਖਿਆ ਤੋਂ ਬਾਅਦ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਸਰਦਾਰ ਇਮਾਨ ਸਿੰਘ ਮਾਨ ਨੂੰ ਟਾਂਡਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ।
ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤੇ ਇਸ ਮਤੇ ਦੀ ਅਸਲ ਕਾਪੀ ਪਾਰਲੀਮੈਂਟਰੀ ਬੋਰਡ ਦੇ ਮੁਖੀ ਹੋਣ ਦੇ ਨਾਤੇ ਇਮਾਨ ਸਿੰਘ ਮਾਨ ਨੂੰ ਸੌਂਪੀ ਗਈ।
ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜੇਕਰ ਪਾਰਟੀ ਇਮਾਨ ਸਿੰਘ ਮਾਨ ਨੂੰ ਟਾਂਡਾ ਤੋਂ ਉਮੀਦਵਾਰ ਐਲਾਨਦੀ ਹੈ ਤਾਂ ਇਸ ਦਾ ਅਸਰ ਸਮੁੱਚੇ ਦੁਆਬਾ ਖੇਤਰ ਦੀ ਚੋਣ ਮੁਹਿੰਮ ’ਤੇ ਪਵੇਗਾ ਅਤੇ ਪਾਰਟੀ ਨੂੰ ਹੋਰ ਹਲਕਿਆਂ ਵਿੱਚ ਵੀ ਚੰਗੇ ਨਤੀਜੇ ਹਾਸਲ ਕਰਨ ਵਿੱਚ ਮਦਦ ਮਿਲ ਸਕਦੀ ਹੈ।
ਆਗੂਆਂ ਨੇ ਦੁਆਬੇ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਚੋਣਾਂ ਲਈ ਹੁਣੇ ਤੋਂ ਸਰਗਰਮ ਹੋਣ ਦਾ ਸੱਦਾ ਦਿੱਤਾ।
ਪੰਥਕ ਸਮਝੌਤੇ ਬਾਰੇ ਬੋਲਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਪੰਥਕ ਏਕਤਾ ਦੀ ਹੈ। ਉਨ੍ਹਾਂ ਦੱਸਿਆ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਲਗਭਗ ਅੱਠ-ਨੌਂ ਮਹੀਨੇ ਪਹਿਲਾਂ ਪੰਥਕ ਸ਼ਕਤੀਆਂ ਨੂੰ ਇਕੱਠਾ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਥਕ ਧਿਰਾਂ ਵਿਚਕਾਰ ਸਮਝੌਤਾ ਹੁੰਦਾ ਹੈ ਤਾਂ ਪੰਥਕ ਤਾਕਤ ਦੇ ਚੋਣਾਂ ਵਿੱਚ ਜਿੱਤ ਵੱਲ ਵਧਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਸਕਦੀਆਂ ਹਨ।
ਇਸ ਮੌਕੇ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਪੁਲਿਸ ਜਬਰ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਅਜਿਹਾ ਆਗੂ ਦੱਸਿਆ ਜੋ ਉਨ੍ਹਾਂ ਮੁਤਾਬਕ ਸਰਕਾਰਾਂ ਦੇ ਦਬਾਅ ਅੱਗੇ ਨਾ ਝੁਕਣ ਅਤੇ ਲੋਕਾਂ ਦੇ ਮੁੱਦਿਆਂ ’ਤੇ ਡਟ ਕੇ ਆਵਾਜ਼ ਉਠਾਉਣ ਦੀ ਸਮਰੱਥਾ ਰੱਖਦੇ ਹਨ।
ਡਾਕਟਰ ਜੱਖੂ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ’ਤੇ ਭਰੋਸਾ ਪ੍ਰਗਟਾਉਂਦੇ ਹਨ ਤਾਂ ਨਸ਼ਿਆਂ ਨੂੰ ਠੱਲ੍ਹ ਪਾਉਣ, ਪੁਲਿਸ ਜਬਰ ਤੋਂ ਰਾਹਤ ਦਿਵਾਉਣ, ਭ੍ਰਿਸ਼ਟਾਚਾਰ ’ਤੇ ਕਾਬੂ ਪਾਉਣ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਪੰਜਾਬ ਦੇ ਭਵਿੱਖ ਲਈ ਅਹਿਮ ਕਰਾਰ ਦਿੰਦਿਆਂ ਪਾਰਟੀ ਵਰਕਰਾਂ ਨੂੰ ਲੋਕਾਂ ਤੱਕ ਆਪਣਾ ਸੁਨੇਹਾ ਪਹੁੰਚਾਉਣ ਦੀ ਅਪੀਲ ਕੀਤੀ।
ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਐਲਾਨ ਕੀਤਾ ਕਿ 30 ਅਕਤੂਬਰ ਨੂੰ ਫਗਵਾੜਾ ਨੇੜੇ ਚੱਕ ਹਕੀਮ ਸਥਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨ ਛੋਹ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈ ਕੇ ਦੁਆਬਾ ਜ਼ੋਨ ਦੀ ਚੋਣ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵੀ ਹਾਜ਼ਰ ਰਹਿਣਗੇ।
ਉਨ੍ਹਾਂ ਸਾਰੇ ਹਲਕਾ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੇ ਜ਼ੋਨ ਇੰਚਾਰਜਾਂ ਅਤੇ ਸਹਾਇਕ ਜ਼ੋਨ ਇੰਚਾਰਜਾਂ ਸਮੇਤ ਸਮਾਗਮ ਵਿੱਚ ਪਹੁੰਚਣ ਅਤੇ ਚੋਣ ਮੁਹਿੰਮ ਨੂੰ ਸਾਂਝੇ ਤੌਰ ’ਤੇ ਅੱਗੇ ਵਧਾਉਣ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 30 ਨਵੰਬਰ ਨੂੰ ਟਾਂਡਾ ਵਿਖੇ ਬੇਗਮਪੁਰਾ ਪੰਥਕ ਇਕੱਠ ਕਰਵਾਇਆ ਜਾਵੇਗਾ। ਪਾਰਟੀ ਆਗੂਆਂ ਨੇ ਇਸ ਇਕੱਠ ਵਿੱਚ ਦੁਆਬਾ ਜ਼ੋਨ ਦੇ 12 ਹਜ਼ਾਰ ਤੋਂ ਵੱਧ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਪ੍ਰਗਟਾਈ। ਇਕੱਠ ਨੂੰ ਸਰਦਾਰ ਸਿਮਰਨਜੀਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਸਮੇਤ ਹੋਰ ਆਗੂ ਸੰਬੋਧਨ ਕਰਨਗੇ।
ਮੀਟਿੰਗ ਵਿੱਚ ਮੌਜੂਦ ਆਗੂਆਂ ਨੇ ਇਸ ਨੂੰ ਚੋਣਾਂ ਦੀਆਂ ਤਿਆਰੀਆਂ ਪੱਖੋਂ ਮਹੱਤਵਪੂਰਨ ਕਰਾਰ ਦਿੱਤਾ ਅਤੇ ਪਾਰਟੀ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।
ਵੱਖ-ਵੱਖ ਹਲਕਿਆਂ ਦੇ ਆਗੂ ਰਹੇ ਮੌਜੂਦ ਮੀਟਿੰਗ ਵਿੱਚ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਸਰਦਾਰ ਮੁਖਤਿਆਰ ਸਿੰਘ ਡਡਵੰਡੀ, ਫਗਵਾੜਾ ਹਲਕੇ ਦੇ ਇੰਚਾਰਜ ਅਤੇ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਦੇ ਸਟੇਟ ਕੋਆਰਡੀਨੇਟਰ ਹੈਪੀ ਕੌਲ, ਫਿਲੌਰ ਹਲਕੇ ਦੇ ਇੰਚਾਰਜ ਭਾਈ ਦਵਿੰਦਰ ਸਿੰਘ ਖਾਲਸਾ, ਜਲੰਧਰ ਕੈਂਟ ਦੇ ਇੰਚਾਰਜ ਭਾਈ ਗੁਰਮੁਖ ਸਿੰਘ ਬਾਜਵਾ, ਕਰਤਾਰਪੁਰ ਦੇ ਇੰਚਾਰਜ ਭਾਈ ਸਰਬਜੀਤ ਸਿੰਘ ਖਾਲਸਾ, ਮੁਕੇਰੀਆਂ ਦੇ ਇੰਚਾਰਜ ਭਾਈ ਪਰਮਿੰਦਰ ਸਿੰਘ ਖਾਲਸਾ, ਸ਼ਾਮ ਚੁਰਾਸੀ ਦੇ ਇੰਚਾਰਜ ਹਰਵਿੰਦਰ ਸਿੰਘ ਹੀਰਾ ਅਤੇ ਹੁਸ਼ਿਆਰਪੁਰ ਦੇ ਇੰਚਾਰਜ ਪ੍ਰਿੰਸੀਪਲ ਗੁਰਨਾਮ ਸਿੰਘ ਹਾਜ਼ਰ ਸਨ।
ਇਸ ਤੋਂ ਇਲਾਵਾ ਗੜ੍ਹਸ਼ੰਕਰ ਹਲਕੇ ਦੇ ਇੰਚਾਰਜ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਘੜੀਵਾਲ, ਟਾਂਡਾ ਤੋਂ ਗੁਰਵਿੰਦਰ ਸਿੰਘ ਮਿਆਣੀ, ਮਨਜਿੰਦਰ ਸਿੰਘ ਜੌਹਲ ਅਤੇ ਅਮਨਦੀਪ ਸਿੰਘ ਜੌਹਲ, ਦਸੂਹਾ ਤੋਂ ਭਾਈ ਮਹਿਤਾਬ ਸਿੰਘ ਹੁੰਦਲ, ਜਲੰਧਰ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਓਂਕਾਰ ਸਿੰਘ ਜੌਹਲ, ਹੁਸ਼ਿਆਰਪੁਰ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਕੁਲਵੀਰ ਸਿੰਘ ਗੜ੍ਹਸ਼ੰਕਰ ਅਤੇ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਗੁਰਦੀਪ ਸਿੰਘ ਖੁਣਖੁਣ ਸਮੇਤ ਹੋਰ ਆਗੂ ਤੇ ਜ਼ੋਨ ਇੰਚਾਰਜ ਮੌਜੂਦ ਸਨ।
ਮੀਟਿੰਗ ਵਿੱਚ ਆਗੂਆਂ ਨੇ ਪੰਥਕ ਏਕਤਾ, ਜਥੇਬੰਦਕ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਮੁੱਖ ਤਰਜੀਹ ਦੇਣ ਦਾ ਸੱਦਾ ਦਿੱਤਾ।