ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਆਗੂ।
ਮਾਨਸਾ (ਗੁਰਭਿੰਦਰ ਗੁਰੀ) — ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਨੇ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿੱਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਸਿੰਘ ਝੋਟੇ ਦਾ ਡੁੱਲ੍ਹਿਆ ਖ਼ੂਨ ਪੰਜਾਬ ਦੀ ਨੌਜਵਾਨੀ ਅੰਦਰ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਅਤੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਵਧ ਰਿਹਾ ਰੋਸ ਆਉਣ ਵਾਲੇ ਸਮੇਂ ਵਿੱਚ ਵੱਡੇ ਜਨਤਕ ਸੰਘਰਸ਼ ਦਾ ਰੂਪ ਧਾਰ ਸਕਦਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨਾਲ ਦੁੱਖ ਸਾਂਝਾ ਕਰਨ ਮੌਕੇ ਕੀਤਾ।
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੰਭੀਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ ਅਤੇ ਲੋਕ ਇਸ ਮਾਮਲੇ ਵਿੱਚ ਇਨਸਾਫ਼ ਦੀ ਉਡੀਕ ਕਰ ਰਹੇ ਹਨ।
ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਸਕੱਤਰ ਬੀਬੀ ਦਵਿੰਦਰ ਕੌਰ ਸਹਿਣਾ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਿਛਲੀ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਸਹਿਣਾ ਦੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਸਨ ਤਾਂ ਉਸ ਸਮੇਂ ਪਰਵਿੰਦਰ ਸਿੰਘ ਝੋਟੇ ਨੇ ਉਨ੍ਹਾਂ ਨੂੰ ਕਿਹਾ ਸੀ ਕਿ, “ਭੈਣ ਜੀ, ਤੁਸੀਂ ਸੱਚ ਬੋਲ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਉਸ ਘਟਨਾ ਤੋਂ ਲਗਭਗ ਇੱਕ ਸਾਲ ਬਾਅਦ ਪਰਵਿੰਦਰ ਸਿੰਘ ਝੋਟੇ ਨੂੰ ਵੀ ਉਨ੍ਹਾਂ ਤੋਂ ਖੋਹ ਲਿਆ ਗਿਆ, ਜਿਸ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।
ਬੀਬੀ ਦਵਿੰਦਰ ਕੌਰ ਸਹਿਣਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਐਕਸ਼ਨ ਕਮੇਟੀ ਵੱਲੋਂ ਜਦੋਂ ਵੀ ਸੰਘਰਸ਼ ਸਬੰਧੀ ਕੋਈ ਸੱਦਾ ਦਿੱਤਾ ਜਾਵੇਗਾ, ਪਾਰਟੀ ਉਸ ਅਨੁਸਾਰ ਆਪਣੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਇਨਸਾਫ਼ ਦੀ ਇਸ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਵਚਨਬੱਧ ਹੈ।
ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਯਕੀਨੀ ਬਣਾਉਣਾ ਜ਼ਰੂਰੀ ਹੈ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਬਣਿਆ ਰਹੇ।
ਇਸ ਮੌਕੇ ਕੁਲਵੀਰ ਸਿੰਘ ਹਮੀਦੀ, ਗਗਨਦੀਪ ਕੌਰ ਰਾਏਸਰ, ਜਸਪਾਲ ਸਿੰਘ ਗਿੱਲ ਸਮੇਤ ਪਾਰਟੀ ਦੇ ਹੋਰ ਸਰਗਰਮ ਵਰਕਰ ਵੀ ਹਾਜ਼ਰ ਸਨ।