ਵਿਧਾਨ ਸਭਾ ਵਿੱਚ ਮੁੱਦਾ ਚੁੱਕਦੇ ਵਿਧਾਇਕ ਕੁਲਵੰਤ ਸਿੰਘ।
ਚੰਡੀਗੜ੍ਹ, 23 ਅਕਤੂਬਰ (ਮੰਗਤ ਸਿੰਘ ਸੈਦਪੁਰ) — ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਨਿੱਜੀ ਹਸਪਤਾਲਾਂ ਨੂੰ ਜ਼ਮੀਨ ਅਲਾਟ ਕਰਨ ਸਮੇਂ ਰੱਖੀਆਂ ਮੁਫ਼ਤ ਅਤੇ ਰਿਆਇਤੀ ਇਲਾਜ ਦੀਆਂ ਸ਼ਰਤਾਂ ਦੀ ਪਾਲਣਾ ਬਾਰੇ ਸਵਾਲ ਚੁੱਕਿਆ।
ਉਨ੍ਹਾਂ ਕਿਹਾ ਕਿ ਸਾਲ 2000 ਤੋਂ ਰਿਜ਼ਰਵ ਮੁੱਲ ਉੱਤੇ ਦਿੱਤੀਆਂ ਜ਼ਮੀਨਾਂ ਦੀ ਅਲਾਟਮੈਂਟ ਵਿੱਚ ਆਰਥਿਕ ਤੌਰ ਉੱਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਓ.ਪੀ.ਡੀ. ਅਤੇ 5 ਫ਼ੀਸਦੀ ਇਨਡੋਰ ਇਲਾਜ ਦੀ ਸ਼ਰਤ ਦਾ ਜ਼ਿਕਰ ਸੀ। ਉਨ੍ਹਾਂ ਸਿਹਤ ਮੰਤਰੀ ਤੋਂ ਪੁੱਛਿਆ ਕਿ ਸਬੰਧਤ ਸੰਸਥਾਵਾਂ ਨੇ ਹੁਣ ਤੱਕ ਕਿੰਨੇ ਅਜਿਹੇ ਮਰੀਜ਼ਾਂ ਦਾ ਮੁਫ਼ਤ ਜਾਂ ਰਿਆਇਤੀ ਇਲਾਜ ਕੀਤਾ ਹੈ।
ਕੁਲਵੰਤ ਸਿੰਘ ਨੇ ਹਸਪਤਾਲਾਂ ਅਤੇ ਮਰੀਜ਼ਾਂ ਦੇ ਪਰਿਵਾਰਾਂ ਵਿਚਾਲੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਗਰਾਨੀ ਪ੍ਰਬੰਧ ਅਤੇ ਰੈਗੂਲੇਟਰੀ ਅਥਾਰਟੀ ਬਾਰੇ ਵੀ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੇ ਅਲਾਟਮੈਂਟ ਪੱਤਰ ਉਨ੍ਹਾਂ ਕੋਲ ਮੌਜੂਦ ਹਨ ਅਤੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਜਵਾਬ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਅਤੇ ਇਸ ਮਾਮਲੇ ਵਿੱਚ ਕਦਮ ਉਠਾਉਣ ਦਾ ਭਰੋਸਾ ਦਿੱਤਾ।