ਰਾਏਕੋਟ (ਗੁਰਭਿੰਦਰ ਗੁਰੀ), : ਸਥਾਨਕ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸਿੱਖਿਆ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ 2 ਕਰੋੜ 48 ਲੱਖ ਰੁਪਏ ਦਾ ਬਜਟ ਪਾਸ ਹੋਣ ਦੀ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਗ੍ਰਾਂਟ ਜਾਰੀ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੰਗ ਪੱਤਰ ਸੌਂਪ ਕੇ ਗ੍ਰਾਂਟ ਜਲਦ ਜਾਰੀ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਦੱਸਿਆ ਕਿ 7 ਅਗਸਤ 2026 ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਲੋੜੀਂਦੀ ਗ੍ਰਾਂਟ ਦਾ ਮੁੱਦਾ ਉਠਾਇਆ ਗਿਆ ਸੀ।
ਇਸ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਕਰੋੜ 48 ਲੱਖ ਰੁਪਏ ਦਾ ਬਜਟ ਪਾਸ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਨੁਸਾਰ ਹੁਣ ਤੱਕ ਨਾ ਤਾਂ ਇਹ ਗ੍ਰਾਂਟ ਜਾਰੀ ਹੋਈ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਅਧਿਕਾਰਤ ਪੱਤਰ ਪ੍ਰਾਪਤ ਹੋਇਆ ਹੈ। ਇਸ ਕਾਰਨ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ।
ਨਵੀਂ ਇਮਾਰਤ ਨਾਲ ਵਿਦਿਆਰਥੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ ਸਕੂਲ ਪ੍ਰਬੰਧਕਾਂ ਨੇ ਮੰਗ ਪੱਤਰ ਰਾਹੀਂ ਕਿਹਾ ਕਿ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵੀਂ ਇਮਾਰਤ ਦੀ ਉਸਾਰੀ ਜ਼ਰੂਰੀ ਹੈ। ਇਸ ਲਈ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ, ਤਾਂ ਜੋ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ। ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਸਬੰਧਤ ਵਿਭਾਗ ਅਤੇ ਸਰਕਾਰ ਕੋਲ ਉਠਾਇਆ ਜਾਵੇ।
ਉਨ੍ਹਾਂ ਕਿਹਾ ਕਿ ਗ੍ਰਾਂਟ ਜਾਰੀ ਹੋਣ ਨਾਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਰਾਹ ਪੱਧਰਾ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਮਿਲ ਸਕੇਗਾ। ਹੁਣ ਸਕੂਲ ਪ੍ਰਬੰਧਕਾਂ ਦੀ ਮੰਗ ਹੈ ਕਿ ਪਾਸ ਕੀਤੇ ਬਜਟ ਅਨੁਸਾਰ ਗ੍ਰਾਂਟ ਜਾਰੀ ਕਰਨ ਦੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਬਿਨਾਂ ਹੋਰ ਦੇਰੀ ਸ਼ੁਰੂ ਕੀਤਾ ਜਾ ਸਕੇ। ਇਸ ਮੌਕੇ ਮੈਡਮ ਅਮ੍ਰਿਤਪਾਲ ਕੌਰ, ਸਤਵਿੰਦਰ ਕੌਰ, ਗੁਰਕਮਲ ਕੌਰ, ਸੁਮਨ ਲਤਾ, ਮਨਜੀਤ ਕੌਰ, ਮਨਦੀਪ ਕੌਰ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।