ਜੌਹਲਾਂ ਦੇ ਧਾਰਮਿਕ ਸਮਾਗਮ ਵਿੱਚ ਹਾਜ਼ਰ ਸ਼ਖ਼ਸੀਅਤਾਂ।
ਰਾਏਕੋਟ (ਗੁਰਭਿੰਦਰ ਗੁਰੀ), 26 ਅਕਤੂਬਰ: ਨਜ਼ਦੀਕੀ ਪਿੰਡ ਜੌਹਲਾਂ ਵਿਖੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿੱਚ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਦੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਵਿੱਚ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੱਦੂ ਅਤੇ ਬਾਬਾ ਗੁਰਨਾਮ ਦਾਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਝੰਡੇ ਦੀ ਰਸਮ ਅਦਾ ਕੀਤੀ।
ਇਸ ਮੌਕੇ ਕੀਰਤਨੀ ਜਥੇ ਵੱਲੋਂ ਧਾਰਮਿਕ ਭਜਨਾਂ ਅਤੇ ਸ਼ਬਦਾਂ ਰਾਹੀਂ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਗਤਾਂ ਨੇ ਸ਼ਰਧਾ ਨਾਲ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਨੇਕੀ, ਪਿਆਰ ਅਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਮਾਜ ਵਿੱਚ ਆਪਸੀ ਭਾਈਚਾਰੇ, ਬਰਾਬਰਤਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੇ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਗੁਲਜ਼ਾਰ ਸਿੰਘ ਫੌਜੀ, ਡਾ. ਗੁਰਦੀਪ ਸਿੰਘ ਬਲਾਕ ਸੰਮਤੀ ਮੈਂਬਰ, ਗੁਰਚਰਨ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਖ਼ਜ਼ਾਨਚੀ ਡਾ. ਬਲਵੰਤ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਪੰਚ, ਸੇਵਾਦਾਰ ਜੱਗੀ ਮਿਸਤਰੀ, ਰਾਜਵਿੰਦਰ ਸਿੰਘ ਰਾਜੀ, ਜਗਦੇਵ ਸਿੰਘ, ਸੀਰਾ ਫੌਜੀ, ਨਿਰਭੈ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।