ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਮੌਕੇ ਹਾਜ਼ਰ ਅਧਿਕਾਰੀ ਅਤੇ ਪਤਵੰਤੇ।
ਰਾਏਕੋਟ (ਗੁਰਭਿੰਦਰ ਗੁਰੀ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ ਤੋਂ 1 ਨਵੰਬਰ ਤੱਕ ‘ਇਮਾਨਦਾਰੀ ਨਾਲ ਖ਼ੁਸ਼ਹਾਲੀ’ ਵਿਸ਼ੇ ਤਹਿਤ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸਬ-ਡਿਵੀਜ਼ਨ ਰਾਏਕੋਟ ਵਿਖੇ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇੰਸਪੈਕਟਰ ਕਿਰਨਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਲੋਕਾਂ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਥਾਪਨਾ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਕੱਠ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਕਿਰਨਪ੍ਰੀਤ ਕੌਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਲੋਕਾਂ ਨੂੰ ਚੁੱਪ ਰਹਿਣ ਦੀ ਬਜਾਏ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਸਬੰਧਤ ਵਿਜੀਲੈਂਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਦੇ ਸਰਗਰਮ ਸਹਿਯੋਗ ਨਾਲ ਹੀ ਰਿਸ਼ਵਤਖੋਰੀ ਨੂੰ ਜੜ੍ਹੋਂ ਖ਼ਤਮ ਕਰਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕਦੀ ਹੈ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇਤਵਾਰ ਸਿੰਘ ਨੱਥੋਵਾਲ ਨੇ ਵੀ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਨੂੰ ਸੌਖੀਆਂ ਉਦਾਹਰਨਾਂ ਰਾਹੀਂ ਸਮਝਾਇਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਇਸ ਮੁਹਿੰਮ ਵਿੱਚ ਵਿਜੀਲੈਂਸ ਬਿਊਰੋ ਦਾ ਸਾਥ ਦੇਣਾ ਚਾਹੀਦਾ ਹੈ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਜਗਵਿੰਦਰ ਸਿੰਘ, ਗੁਰਧੀਰ ਸਿੰਘ, ਜਸਵੀਰ ਕੌਰ ਅਤੇ ਰਾਮ ਜੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਜਾਗਰੂਕਤਾ ਪ੍ਰੋਗਰਾਮ ਵਿੱਚ ਰਾਏਕੋਟ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਵਪਾਰੀਆਂ ਅਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਬਾਵਾ ਸਿੰਘ ਗਿੱਲ ਨੰਬਰਦਾਰ, ਮਨਜਿੰਦਰ ਸਿੰਘ ਕਾਕੂ ਕੌਂਸਲਰ, ਵਿਪਨ ਕੁਮਾਰ ਡਾਵਰ ਪ੍ਰਧਾਨ ਵਪਾਰ ਵਿੰਗ, ਸਰਬਜੀਤ ਕੌਰ ਸਰਪੰਚ, ਜਸਪਾਲ ਸਿੰਘ ਗਰੇਵਾਲ (ਬੀ.ਕੇ.ਯੂ.), ਵਿੰਦਰ ਸਿੰਘ ਧੂਰਕੋਟ, ਸਰਬਜੀਤ ਸਿੰਘ ਸੁਪਰਡੈਂਟ, ਹੈਪੀ ਨੰਬਰਦਾਰ ਸਿਵੀਆਂ, ਕਨੌਜ ਨਾਹਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।