ਪਿੰਡ ਗੋਦਵਾਲ ਵਿਖੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਅਧਿਕਾਰੀ।
ਰਾਏਕੋਟ, 28 ਅਕਤੂਬਰ (ਗੁਰਭਿੰਦਰ ਗੁਰੀ) ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਐੱਸ.ਡੀ.ਐੱਮ. ਰਾਏਕੋਟ ਸ੍ਰੀ ਖੁਸ਼ਪ੍ਰੀਤ ਸਿੰਘ ਵੱਲੋਂ ਪਿੰਡ ਗੋਦਵਾਲ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਅਗਾਂਹਵਧੂ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਨਪ੍ਰੀਤ ਸਿੰਘ ਦੇ ਖੇਤ ਵਿੱਚ ਬੇਲਰ ਮਸ਼ੀਨ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਮਸ਼ੀਨ ਦੀ ਮਦਦ ਨਾਲ ਗੱਠਾਂ ਬਣਾਈਆਂ ਜਾ ਰਹੀਆਂ ਸਨ, ਜਿਸ ਨਾਲ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਜਾ ਰਿਹਾ ਸੀ। ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਨੂੰ ਟਿਕਾਊ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈ ਸਕਦੇ ਹਨ।
ਇਸ ਲਈ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਖੇਤੀਬਾੜੀ ਨੂੰ ਨੁਕਸਾਨ ਤੋਂ ਬਚਾਉਣ ਲਈ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ, ਸੁਧਾਰ ਡਾ. ਨੀਰਜ ਸ਼ਰਮਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਤਰੀਕਿਆਂ ਨਾਲ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਬਲਾਕ ਖੇਤੀਬਾੜੀ ਅਫ਼ਸਰ, ਪੱਖੋਵਾਲ ਡਾ. ਗਗਨਦੀਪ ਕੌਰ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਵਾਤਾਵਰਣ ਦੀ ਰੱਖਿਆ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ, ਏ.ਡੀ.ਓ. ਬਰਮੀ, ਡਾ. ਗਗਨਦੀਪ ਕੌਰ, ਏ.ਡੀ.ਓ. ਦੱਦਾਹੂਰ, ਡਾ. ਨਿਖਿਲ, ਏ.ਡੀ.ਓ. ਨੱਥੋਵਾਲ, ਬਲਜੀਤ ਗੋਦਵਾਲ, ਦਲਜੀਤ ਸਿੰਘ ਬਰਮੀ, ਕਰਮਜੀਤ ਕੰਮਾ ਬਰਮੀ ਸਮੇਤ ਹੋਰ ਕਿਸਾਨ ਹਾਜ਼ਰ ਸਨ।