ਰਾਏਕੋਟ, 31 ਅਕਤੂਬਰ (ਗੁਰਭਿੰਦਰ ਗੁਰੀ) ਆਈਈਏਟੀ ਸਪੈਸ਼ਲ ਬੀਐੱਡ ਅਤੇ ਟੈੱਟ ਪਾਸ ਐਜੂਕੇਸ਼ਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਾਮਪ੍ਰੀਤ ਸਿੰਘ ਗੋਗੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ 89 ਸਪੈਸ਼ਲ ਬੀਐੱਡ ਅਧਿਆਪਕਾਂ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪਿਛਲੇ ਲਗਭਗ 18-19 ਸਾਲਾਂ ਤੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਸੇਵਾਵਾਂ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਮਹਿਜ਼ 15 ਹਜ਼ਾਰ ਰੁਪਏ ਮਹੀਨਾਵਾਰ ਮਾਣ-ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਸਪੈਸ਼ਲ ਐਜ਼ੂਕੇਟਰ ਰੈਗੂਲਰ ਨਿਯੁਕਤੀ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ।
ਗੋਗੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਸਾਨੂੰ ਪੁਲਸ ਹਿਰਾਸਤ ਵਿੱਚ ਲੈਣ ਨਾਲ ਸਾਡੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਕਰਨ ਦੀ ਬਜਾਏ ਆਈਈਏਟੀ ਸਪੈਸ਼ਲ ਬੀਐੱਡ ਪਾਸ ਅਧਿਆਪਕਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇ।