ਪਰਾਲੀ ਪ੍ਰਬੰਧਨ ਸਬੰਧੀ ਰਾਏਕੋਟ ਵਿਖੇ ਅਧਿਕਾਰੀਆਂ ਦੀ ਮੀਟਿੰਗ
ਰਾਏਕੋਟ (ਗੁਰਭਿੰਦਰ ਗੁਰੀ)
ਸਬ-ਡਿਵੀਜ਼ਨ ਰਾਏਕੋਟ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਮੁਕੰਮਲ ਰੋਕ ਲਗਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸ ਸਬੰਧੀ ਐੱਸ.ਡੀ.ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਜ਼ਮੀਨੀ ਪੱਧਰ ’ਤੇ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ ਨੇ ਸਮੂਹ ਨੋਡਲ ਅਧਿਕਾਰੀਆਂ, ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਨਿਗਰਾਨੀ ਅਤੇ ਦੌਰੇ ਲਗਾਤਾਰ ਵਧਾਏ ਜਾਣ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕਿਸੇ ਵੀ ਖੇਤਰ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਾ ਰਿਹਾ ਜਾਵੇ, ਸਗੋਂ ਕਿਸਾਨਾਂ ਨੂੰ ਜਾਗਰੂਕ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਅਤੇ ਇਸ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬਦਲਵੇਂ ਤਰੀਕੇ ਅਪਣਾ ਸਕਣ।
ਮੀਟਿੰਗ ਵਿੱਚ ਨਾਇਬ ਤਹਿਸੀਲਦਾਰ ਪਰਮਿੰਦਰ ਸਿੰਘ, ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਇੰਸਪੈਕਟਰ ਹੀਰਾ ਸਿੰਘ, ਖੇਤੀਬਾੜੀ ਅਫ਼ਸਰ ਸੁਧਾਰ ਨੀਰਜ ਕੁਮਾਰ, ਖੇਤੀਬਾੜੀ ਅਫ਼ਸਰ ਪੱਖੋਵਾਲ ਸ੍ਰੀਮਤੀ ਗਗਨਦੀਪ ਕੌਰ ਅਤੇ ਰਿਦਮ ਕਟਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਹਾਜ਼ਰ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸਬ-ਡਿਵੀਜ਼ਨ ਅੰਦਰ ਨਿਗਰਾਨੀ ਟੀਮਾਂ ਪੂਰੀ ਤਰ੍ਹਾਂ ਚੌਕਸ ਰਹਿਣਗੀਆਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਸਾਧਨਾਂ ਦੀ ਵਰਤੋਂ ਕੀਤੀ ਜਾਵੇ।