ਚੰਡੀਗੜ੍ਹ (ਗੁਰਭਿੰਦਰ ਗੁਰੀ) – ਤਿਉਹਾਰਾਂ ਦੇ ਸੀਜ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਅਤੇ ਗ਼ਰੀਬ ਪਰਿਵਾਰਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਦੀਵਾਲੀ ਵਰਗੇ ਖੁਸ਼ੀਆਂ ਅਤੇ ਰੌਸ਼ਨੀਆਂ ਦੇ ਤਿਉਹਾਰ ਮੌਕੇ ਜਿੱਥੇ ਲੋਕ ਆਪਣੇ ਘਰਾਂ ਨੂੰ ਸਜਾਉਣ ਅਤੇ ਪਰਿਵਾਰਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀਆਂ ਤਿਆਰੀਆਂ ਕਰਦੇ ਹਨ, ਉੱਥੇ ਹੀ ਰਸੋਈ ਦੇ ਜ਼ਰੂਰੀ ਸਾਮਾਨ, ਸਬਜ਼ੀਆਂ, ਦਾਲਾਂ, ਖਾਣ ਵਾਲੇ ਤੇਲ, ਘਿਓ, ਦੁੱਧ ਅਤੇ ਮਠਿਆਈਆਂ ਦੀਆਂ ਵਧੀਆਂ ਕੀਮਤਾਂ ਨੇ ਆਮ ਲੋਕਾਂ ਦੇ ਚਿਹਰਿਆਂ ਤੋਂ ਰੌਣਕ ਖੋਹ ਲਈ ਹੈ।
ਇਸ ਸਬੰਧੀ ਉੱਘੀ ਲੇਖਿਕਾ ਅਤੇ ਸਮਾਜ ਸੇਵਕਾ ਮਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਮਹਿੰਗਾਈ ਨੇ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਵੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਹੈ। ਅੱਜ ਹਾਲਾਤ ਇਹ ਬਣ ਗਏ ਹਨ ਕਿ ਕਈ ਗ਼ਰੀਬ ਪਰਿਵਾਰਾਂ ਲਈ ਦੋ ਡੰਗ ਦੀ ਰੋਟੀ ਦਾ ਪ੍ਰਬੰਧ ਕਰਨਾ ਵੀ ਔਖਾ ਹੋ ਰਿਹਾ ਹੈ। ਅਜਿਹੇ ਵਿੱਚ ਦੀਵਾਲੀ ਮੌਕੇ ਬੱਚਿਆਂ ਲਈ ਮਠਿਆਈ ਖ਼ਰੀਦਣਾ ਅਤੇ ਘਰ ਵਿੱਚ ਖ਼ਾਸ ਪਕਵਾਨ ਤਿਆਰ ਕਰਨਾ ਉਨ੍ਹਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਮਿਹਨਤਕਸ਼ ਵਰਗ, ਦਿਹਾੜੀਦਾਰ ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਉੱਪਰ ਪੈ ਰਿਹਾ ਹੈ। ਆਮਦਨ ਵਿੱਚ ਕੋਈ ਖ਼ਾਸ ਵਾਧਾ ਨਹੀਂ ਹੋ ਰਿਹਾ, ਪਰ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਪਰਿਵਾਰਾਂ ਦਾ ਮਹੀਨਾਵਾਰ ਬਜਟ ਹਿੱਲ ਕੇ ਰਹਿ ਗਿਆ ਹੈ। ਪਹਿਲਾਂ ਜਿਹੜੇ ਪੈਸਿਆਂ ਨਾਲ ਘਰ ਦਾ ਰਾਸ਼ਨ ਆਸਾਨੀ ਨਾਲ ਆ ਜਾਂਦਾ ਸੀ, ਹੁਣ ਉਸੇ ਰਾਸ਼ਨ ਲਈ ਵਧੇਰੇ ਪੈਸੇ ਖ਼ਰਚਣੇ ਪੈ ਰਹੇ ਹਨ।
ਮਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਹਰ ਵਰਗ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਉਣਾ ਹੈ, ਪਰ ਜਦੋਂ ਕਿਸੇ ਪਰਿਵਾਰ ਨੂੰ ਰਸੋਈ ਦਾ ਚੁੱਲ੍ਹਾ ਤਪਾਉਣ ਲਈ ਵੀ ਸੋਚਣਾ ਪਵੇ ਤਾਂ ਤਿਉਹਾਰਾਂ ਦੀ ਖੁਸ਼ੀ ਅਧੂਰੀ ਰਹਿ ਜਾਂਦੀ ਹੈ। ਸਮਾਜ ਵਿੱਚ ਅਜਿਹੇ ਪਰਿਵਾਰਾਂ ਦੀ ਵੀ ਚਿੰਤਾ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਦੇ ਘਰਾਂ ਵਿੱਚ ਤਿਉਹਾਰ ਮੌਕੇ ਬੱਚਿਆਂ ਦੀਆਂ ਛੋਟੀਆਂ-ਛੋਟੀਆਂ ਇੱਛਾਵਾਂ ਵੀ ਆਰਥਿਕ ਤੰਗੀ ਕਾਰਨ ਪੂਰੀਆਂ ਨਹੀਂ ਹੋ ਸਕਦੀਆਂ।
ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਮਹਿੰਗਾਈ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਨੂੰ ਰਾਹਤ ਦੇਣ ਲਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅੱਗੇ ਆ ਕੇ ਲੋੜਵੰਦ ਪਰਿਵਾਰਾਂ ਨਾਲ ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਦੀਵਾਲੀ ਦੀਆਂ ਖੁਸ਼ੀਆਂ ਤੋਂ ਵਾਂਝਾ ਨਾ ਰਹੇ।