ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰਾਂ ਦੀ ਆਜ਼ਾਦੀ, ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਦੀ ਲੋੜ : ਸੰਜੇ ਰਾਠੀ
ਪੱਤਰਕਾਰਾਂ ਦੀ ਸੁਰੱਖਿਆ ਲਈ ਦੇਸ਼ ਵਿੱਚ ਜਲਦ ਲਾਗੂ ਕੀਤਾ ਜਾਵੇ ਪੱਤਰਕਾਰ ਸੁਰੱਖਿਆ ਕਾਨੂੰਨ, ਸਿਹਤ ਸਹੂਲਤਾਂ, ਪੈਨਸ਼ਨ ਅਤੇ ਇੱਕ ਕਰੋੜ ਰੁਪਏ ਦਾ ਬੀਮਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ (ਗੁਰਭਿੰਦਰ ਗੁਰੀ) ਮੀਡੀਆ ਕੌਂਸਲ ਆਫ਼ ਜਰਨਲਿਸਟਸ ਦੇ ਕੌਮੀ ਪ੍ਰਧਾਨ ਸੰਜੇ ਰਾਠੀ ਨੇ ਕੌਮੀ ਪ੍ਰੈੱਸ ਦਿਵਸ ਮੌਕੇ ਦੇਸ਼ ਭਰ ਦੇ ਪੱਤਰਕਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ, ਨਿਰਪੱਖ, ਨਿਡਰ ਅਤੇ ਲੋਕ-ਪੱਖੀ ਪੱਤਰਕਾਰੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਪੱਤਰਕਾਰੀ ਸਿਰਫ਼ ਖ਼ਬਰਾਂ ਦੇਣ ਦਾ ਸਾਧਨ ਨਹੀਂ, ਸਗੋਂ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣ ਦੀ ਅਹਿਮ ਲੋਕਤੰਤਰੀ ਜ਼ਿੰਮੇਵਾਰੀ ਵੀ ਹੈ।
ਸੰਜੇ ਰਾਠੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੱਤਰਕਾਰੀ ਅਨੇਕਾਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਪੱਤਰਕਾਰਾਂ ਉੱਤੇ ਹਮਲੇ, ਧਮਕੀਆਂ, ਕਤਲ, ਝੂਠੇ ਮੁਕੱਦਮੇ ਦਰਜ ਕਰਨ ਅਤੇ ਵੱਖ-ਵੱਖ ਤਰੀਕਿਆਂ ਨਾਲ ਦਬਾਅ ਬਣਾਉਣ ਦੀਆਂ ਘਟਨਾਵਾਂ ਲੋਕਤੰਤਰੀ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਧਮਕੀ ਦੇ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਣ ਦਾ ਪੂਰਾ ਅਧਿਕਾਰ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੱਤਰਕਾਰੀ ਦੀ ਭਰੋਸੇਯੋਗਤਾ ਕਾਇਮ ਰੱਖਣੀ ਜਿੰਨੀ ਜ਼ਰੂਰੀ ਹੈ, ਉਨੀ ਹੀ ਅਹਿਮ ਗੱਲ ਪੱਤਰਕਾਰਾਂ ਦੀ ਆਜ਼ਾਦੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੇ ਤੇਜ਼ੀ ਨਾਲ ਵਧ ਰਹੇ ਪ੍ਰਭਾਵ ਦੇ ਦੌਰ ਵਿੱਚ ਜਾਅਲੀ ਖ਼ਬਰਾਂ, ਗੁੰਮਰਾਹਕੁਨ ਜਾਣਕਾਰੀ ਅਤੇ ਪੀਲੀ ਪੱਤਰਕਾਰੀ ਤੋਂ ਬਚਦਿਆਂ ਤੱਥਾਂ ’ਤੇ ਆਧਾਰਿਤ ਜ਼ਿੰਮੇਵਾਰ ਪੱਤਰਕਾਰੀ ਨੂੰ ਪਹਿਲ ਦੇਣੀ ਸਮੇਂ ਦੀ ਮੁੱਖ ਲੋੜ ਹੈ।
ਸੰਜੇ ਰਾਠੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਦੇ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਤਰਕਾਰ ਸੁਰੱਖਿਆ ਕਾਨੂੰਨ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਸਾਰੇ ਪੱਤਰਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਸਹੂਲਤਾਂ, ਇੱਕ ਕਰੋੜ ਰੁਪਏ ਦਾ ਜੀਵਨ ਬੀਮਾ, ਪੈਨਸ਼ਨ, ਟੋਲ ਟੈਕਸ ਵਿੱਚ ਛੋਟ ਅਤੇ ਹੋਰ ਸਮਾਜਿਕ ਸੁਰੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੱਤਰਕਾਰ ਭਾਵੇਂ ਕਿਸੇ ਵੱਡੇ ਮੀਡੀਆ ਅਦਾਰੇ ਵਿੱਚ ਕੰਮ ਕਰਦਾ ਹੋਵੇ ਜਾਂ ਛੋਟੇ ਅਖ਼ਬਾਰ, ਡਿਜੀਟਲ ਮੀਡੀਆ ਨਾਲ ਜੁੜਿਆ ਹੋਵੇ ਜਾਂ ਸੁਤੰਤਰ ਪੱਤਰਕਾਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੋਵੇ, ਸਾਰਿਆਂ ਨੂੰ ਬਰਾਬਰ ਸਨਮਾਨ, ਅਧਿਕਾਰ ਅਤੇ ਸੁਰੱਖਿਆ ਮਿਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੀਡੀਆ ਦੀ ਅਸਲ ਤਾਕਤ ਉਸ ਦੀ ਨਿਰਪੱਖਤਾ, ਭਰੋਸੇਯੋਗਤਾ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਵਿੱਚ ਵੱਸਦੀ ਹੈ। ਪੱਤਰਕਾਰੀ ਨੂੰ ਕਿਸੇ ਵੀ ਰਾਜਨੀਤਿਕ, ਵਪਾਰਕ ਜਾਂ ਹੋਰ ਬਾਹਰੀ ਦਬਾਅ ਤੋਂ ਮੁਕਤ ਰੱਖਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਸੰਜੇ ਰਾਠੀ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ, ਲੋਕਤੰਤਰੀ ਕਦਰਾਂ-ਕੀਮਤਾਂ, ਪ੍ਰਗਟਾਵੇ ਦੀ ਆਜ਼ਾਦੀ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ।